16 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ...

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ਵਿੱਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ ਪਟਿਆਲਾ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ ਅਤੇ ਰਾਮਿੰਦਰ ਸਿੰਘ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਮਐਸਪੀ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤੱਕ ਮਨਾਏ ਜਾ ਰਹੇ ਪ੍ਰਚਾਰ ਹਫਤੇ ਨੂੰ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ਵਿੱਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉੱਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕਰਦਿਆਂ ਆਪਣੇ-ਆਪ ਨੂੰ ਜਨਤਕ ਕਿਸਾਨ ਜੱਥੇਬੰਦੀ ਵਜੋਂ ਵਿਚਰਨ ਦਾ ਪ੍ਰਣ ਦੁਹਰਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਉਪਰਾਲੇ ਕਰਨ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਖੇਤੀ ਮੋਟਰਾਂ ਦੇ ਨਾਲ-ਨਾਲ ਆਮ ਤੌਰ ’ਤੇ ਬਿਜਲੀ ਕੱਟਾਂ ਕਾਰਨ ਬਿਜਲੀ ਸਪਲਾਈ ਦੀ ਹੋ ਰਹੀ ਮਾੜੀ ਹਾਲਤ ਉੱਪਰ ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰਤ ਧਿਆਨ ਦੇ ਕੇ ਖੇਤੀ ਮੋਟਰਾਂ ਨੂੰ ਛੇ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਣਕ ਦੇ ਮਹਿੰਗੇ ਹੋਣ ਕਾਰਨ ਕਿਸਾਨਾਂ ਨੂੰ ਕਣਕ ਦੀ ਵਾਜਬ ਕੀਮਤ ਮਿਲੇ, ਇਸ ਵਾਸਤੇ ਕਿਸਾਨ ਜੱਥੇਬੰਦੀਆਂ ਨੇ ਕਣਕ ਦੀ ਐਮ.ਐਸ.ਪੀ. ਉੱਪਰ 1000 ਰੁਪਏ ਬੋਨਸ ਦੇਣ ਦੀ ਮੰਗ ਕਰਨ ਦੇ ਨਾਲ-ਨਾਲ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਰਾਹੀਂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਰਕਾਰ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬਾਂ ਅਤੇ ਲੋੜਵੰਦਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾ ਸਕੇ। ਮੀਟਿੰਗ ਵਿੱਚ ਪ੍ਰੀ-ਪੇਡ ਮੀਟਰ ਲਗਾਉਣ ਦੇ ਸਰਕਾਰ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਨ੍ਹਾ ਮੀਟਰਾਂ ਵਿਰੁੱਧ ਪਿੰਡ ਪੱਧਰ ’ਤੇ ਲਾਮਬੰਦੀ ਕਰਦੇ ਹੋਏ ਇਨਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ। 

Get the latest update about Farmers Organizations, check out more about Separation, Truescoop News, United Social Front & Online Punjabi news

Like us on Facebook or follow us on Twitter for more updates.