ਸਰਕਾਰੀ ਸਕੂਲਾਂ ਦੇ ਕਰੀਬ 10 ਲੱਖ ਵਿਦਿਆਰਥੀਆਂ ਨੇ ਗਣਿਤ ਓਲੰਪੀਅਡ-2022 ਵਿੱਚ ਭਾਗ ਲਿਆ

ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਵਿਭਾਗ ਦੀ ਬੈਸਟ ਪ੍ਰੈਕਟਿਸ – ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਹਿ-ਅਕਾਦਮਿਕ ਪੱਖਾਂ ਨੂੰ ਮਜ਼ਬੂਤ ਕਰਨ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵਿਲੱਖਣ ਕਿਰਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ 6ਵੀਂ ਤੋਂ 10ਵੀਂ ਤੱਕ ਦੇ ਕਰੀਬ 10 ਲੱਖ ਵਿਦਿਆਰਥੀਆਂ ਨੇ ਗਣਿਤ ਓਲੰਪੀਅਡ ਮੁਕਾਬਲੇ ਵਿੱਚ ਭਾਗ ਲਿਆ। ਇਸ ਸੰਬੰਧੀ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਹੋਣ ਦਾ ਮੌਕਾ ਮਿਲਦਾ ਹੈ। ਇਸ ਮੁਕਾਬਲੇ ਦੇ ਸਫ਼ਲ ਆਯੋਜਨ ਲਈ ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ।
ਇਸ ਮੈਥ ਓਲੰਪੀਆਡ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਨਿਰਮਲ ਕੌਰ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਣਾਤਮਿਕ ਸਿੱਖਿਆ ਨੇ ਦੱਸਿਆ ਕਿ ਇਸ ਮੈਥ ਓਲੰਪੀਆਡ ਦਾ ਨਤੀਜਾ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਰਾਹੀ ਤਿਆਰ ਕਰਕੇ 28 ਨਵੰਬਰ ਤੱਕ ਮੁੱਖ ਦਫ਼ਤਰ ਤੱਕ ਪੁੱਜਦਾ ਕੀਤਾ ਜਾਵੇਗਾ। ਮੁੱਖ ਦਫ਼ਤਰ ਵੱਲੋਂ ਇਸ ਨਤੀਜੇ ਦੇ ਆਧਾਰ ‘ਤੇ ਜਮਾਤ ਵਾਰ ਸਾਂਝੀ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ। ਛੇਵੀਂ ਤੋਂ ਦਸਵੀਂ ਤੱਕ ਪੂਰੇ ਪੰਜਾਬ ਵਿੱਚੋਂ ਜਮਾਤ ਵਾਰ ਪਹਿਲੇ 1000-1000 ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 1000-1000 ਰੁਪਏ ਅਤੇ ਪ੍ਰਮਾਣ ਪੱਤਰ ਦਿੱਤਾ ਜਾਵੇਗਾ। 
ਨਿਰਮਲ ਕੌਰ ਏ.ਐੱਸ.ਪੀਡੀ ਨੇ ਗਣਿਤ ਓਲੰਪੀਆਡ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਪਾਠਕ੍ਰਮ, ਸਿੱਖਣ ਪਰਿਣਾਮਾਂ ਅਤੇ ਮਾਨਸਿਕ ਯੋਗਤਾ ਬਾਰੇ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਨੂੰ 30 ਬਹੁ-ਚੋਣਵੇਂ ਉੱਤਰਾਂ ਵਾਲੇ ਪ੍ਰਸ਼ਨ ਪੁੱਛੇ ਗਏ ਹਨ ਅਤੇ 9ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ 35 ਬਹੁ-ਚੋਣਵੇਂ ਉੱਤਰਾਂ ਵਾਲੇ ਪ੍ਰਸ਼ਨ ਪੁੱਛੇ ਗਏ ਹਨ। ਇਸ ਮੁਕਾਬਲੇ ਵਿੱਚ ਕੋਈ ਨੈਗੇਟਿਵ ਮਾਰਕਿੰਗ ਨਹੀਂ ਹੈ। ਇਹਨਾਂ ਮੁਕਾਬਲਿਆਂ ਦੇ ਆਯੋਜਨ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਪ੍ਰਿੰਸੀਪਲ ਡਾਇਟ, ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਮੈਂਟਰਾਂ ਅਤੇ ਬਲਾਕ ਮੈਂਟਰਾਂ ਨੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਹੈ।

Like us on Facebook or follow us on Twitter for more updates.