ਡਿਪਟੀ ਕਮਿਸ਼ਨਰ ਵੱਲੋਂ ਨਵੀਂ ਅਨਾਜ ਮੰਡੀ ਦੌਰਾ, ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਨਵੀਂ ਅਨਾਜ...

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ । ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਖਰੀਦ, ਅਦਾਇਗੀ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਬਾਵਜੂਦ ਜ਼ਿਲ੍ਹੇ ਵਿੱਚ ਖ਼ਰੀਦ ਪ੍ਰਕਿਰਿਆ ਦਾ ਕੰਮ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਸੁਚਾਰੂ ਅਦਾਇਗੀ ਸਬੰਧੀ ਵੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਸੈਨੀਟਾਈਜ਼ੇਸਨ, ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਮੰਡੀਆਂ ਵਿਚ 30*30 ਫੁੱਟ ਦੇ ਖਾਨੇ ਬਣਾਏ ਗਏ ਹਨ, ਜਿਨ੍ਹਾਂ ਵਿਚ ਹੀ ਕਿਸਾਨਾਂ ਵੱਲੋਂ ਆਪਣੀ ਫ਼ਸਲ ਨੂੰ ਲਾਹਿਆ ਜਾਵੇ ਤਾਂ ਜੋ ਸਮਾਜਿਕ ਦੂਰੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਸਮੂਹ ਕਿਸਾਨਾਂ ਨੂੰ ਮੰਡਾਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ  ਕਰਨ ਦੀ ਅਪੀਲ ਕੀਤੀ। 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਡੀ.ਐਫ.ਐਸ. ਈ. ਨਰਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਰਾਜ ਕੁਮਾਰ ਅਰੋੜਾ ਅਤੇ ਹੋਰ ਮੌਜੂਦ ਸਨ।

Get the latest update about new grain market, check out more about visit, Truescoop, Truescoop News & Deputy commissioner

Like us on Facebook or follow us on Twitter for more updates.