ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ 'ਚ ਗੈਂਗਸਟਰਵਾਦ ਵੱਧਦਾ ਨਜ਼ਰ ਆ ਰਿਹਾ ਹੈ। ਤਾਜ਼ਾ ਮਾਮਲਾ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਵੱਲੋਂ ਰਿੰਕੂ ਨਾਮ ਦੇ ਮਸ਼ਹੂਰ ਮੱਛੀ ਵੇਚਣ ਵਾਲੇ ਵਿਅਕਤੀ ਤੋਂ 20 ਲੱਖ ਦੀ ਫਿਰੌਤੀ ਮੰਗੀ ਗਈ ਸੀ। ਉਕਤ ਵਿਅਕਤੀ ਵੱਲੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਇਸ ਕਾਰਨ ਅੱਜ ਮੁੜ ਗੈਂਗਸਟਰ ਰਿੰਕੂ ਤੋਂ 20 ਲੱਖ ਦੀ ਫਿਰੌਤੀ ਲੈਣ ਲਈ ਆ ਰਹੇ ਸਨ, ਪੁਲਸ ਨੇ ਜਾਲ ਵਿਛਾ ਕੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਗੋਲੀਬਾਰੀ ਵੀ ਹੋਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਅਮਿਤ ਕੁਮਾਰ ਪੁੱਤਰ ਰਾਜ ਕੁਮਾਰ ਨੂੰ ਗੋਲੀ ਮਾਰ ਦਿੱਤੀ ਗਈ ਹੈ, ਜਦਕਿ ਉਸਦਾ ਦੂਜਾ ਸਾਥੀ ਅਜੇ ਪਹਿਲਵਾਨ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਗੋਲੀਬਾਰੀ ਵਿੱਚ ਅੰਮ੍ਰਿਤਸਰ ਉੱਤਰੀ ਦੇ ਏ.ਸੀ.ਪੀ. ਵਰਿੰਦਰ ਖੋਸਾ ਦੇ ਸੁਰੱਖਿਆ ਗਾਰਡ ਨੂੰ ਵੀ ਗੋਲੀਆਂ ਲੱਗੀਆਂ ਅਤੇ ਉਸ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਦੋਵੇਂ ਗੈਂਗਸਟਰ ਕਿਸ ਗੈਂਗ ਨਾਲ ਸਬੰਧਤ ਸਨ, ਇਸ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਹੋਇਆ ਹੈ ਅਤੇ ਨਾ ਹੀ ਪੁਲਸ ਨੇ ਇਸ ਮਾਮਲੇ ਵਿੱਚ ਕੋਈ ਬਿਆਨ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਸ ਕਮਿਸ਼ਨਰ ਜਸਕਰਨ ਸਿੰਘ ਪੁਲਸ ਕਮਿਸ਼ਨਰ ਜਲਦੀ ਹੀ ਜਾਣਕਾਰੀ ਦੇਣਗੇ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਲਗਾਤਾਰ ਗੈਂਗਸਟਰਾਂ ਪੰਜਾਬ ਪੁਲਸ ਦੇ ਨਿਸ਼ਾਨੇ 'ਤੇ ਹਨ। ਹਾਲ ਹੀ 'ਚ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਵੀ ਕਿਹਾ ਸੀ ਕਿ ਉਹ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਖ਼ਤਮ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਜਾਨ ਬਚਾ ਕੇ ਫਰਾਰ ਹੋਏ ਗੈਂਗਸਟਰ ਨੂੰ ਪੁਲਸ ਕਦੋਂ ਤੱਕ ਗ੍ਰਿਫਤਾਰ ਕਰਦੀ ਹੈ।