'ਫਾਰਮਰ ਹੈਲਪ ਡੈਸਕ' ਨੂੰ ਭਰਵਾਂ ਹੁੰਗਾਰਾ, ਹੁਣ ਤੱਕ 217.41 ਕਰੋੜ ਰੁਪਏ ਦੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੀਤੀ: DC

ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਥੇ ਕਣਕ ਦੀ ਖ਼ਰੀਦ ਪ੍ਰੀਕਿਰਿਆ ਨੂੰ ਸੁਚੱਜੇ ਢੰ...

ਜਲੰਧਰ: ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਥੇ ਕਣਕ ਦੀ ਖ਼ਰੀਦ ਪ੍ਰੀਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਉਥੇ ਕਿਸਾਨਾਂ ਦੀ ਫ਼ਸਲ ਨੂੰ ਬੇਮੌਸਮੀ ਬਾਰਿਸ਼ ਵਿੱਚ ਭਿੱਜਣ ਤੋਂ ਬਚਾਉਣ ਲਈ ਵੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਿੱਧੀ ਅਦਾਇਗੀ ਲਈ ਕਿਸਾਨਾਂ ਦੀ 'ਅਨਾਜ ਖ਼ਰੀਦ ਪੋਰਟਲ' 'ਤੇ ਰਜਿਸਟਰੇਸ਼ਨ ਵਾਸਤੇ ਜ਼ਿਲ੍ਹੇ ਦੀਆਂ 12 ਮਾਰਕੀਟ ਕਮੇਟੀਆਂ ਵਿੱਚ 'ਫਾਰਮਰ ਹੈਲਪ ਡੈਸਕ' ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 217.41 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕਣਕ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਅਤੇ ਅਦਾਇਗੀ ਦੇ ਕਾਰਜ ਨੂੰ ਸੁਚੱਜੇ ਢੰਗ ਨਾਲ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਜ਼ਿਲ੍ਹਾ ਮੰਡੀ ਬੋਰਡ ਨੂੰ ਬੇਮੌਸਮੀ ਬਾਰਿਸ਼ ਦੇ ਮੱਦੇਨਜ਼ਰ ਲੋੜੀਂਦੇ ਸਮੁੱਚੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਣਕ ਦੀ ਖ਼ਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 320861 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 319033 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਖ਼ਰੀਦ ਕੀਤੀ ਗਈ ਫ਼ਸਲ ਦੀ ਅਦਾਇਗੀ ਵਜੋਂ 217.41 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ।

ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ ਦੀ ਵੇਰਵੇ ਸਮੇਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 91995 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 84777, ਪਨਸਪ ਵੱਲੋਂ 69270, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 43404 ਅਤੇ ਐਫ.ਸੀ. ਆਈ. ਵੱਲੋਂ 29587 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਦ੍ਰਿੜ ਹੈ ਅਤੇ ਮੰਡੀਆਂ ਵਿੱਚ ਕੋਵਿਡ-19 ਦੇ ਦੌਰ ਵਿੱਚ ਫ਼ਸਲ ਦੀ ਸੁਚੱਜੀ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਸਿਸਟਮ ਤਿਆਰ ਕੀਤਾ ਗਿਆ ਹੈ।

ਦੂਜੇ ਪਾਸੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਬੇਮੌਸਮੀ ਬਾਰਿਸ਼ ਦੇ ਮੱਦੇਨਜ਼ਰ ਸਮੁੱਚੇ ਓਪਨ ਸਟੋਰੇਜ ਭੰਡਾਰਾਂ ਨੂੰ ਢਕਿਆ ਜਾਣਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਮੀਂਹ ਵਿੱਚ ਗਿੱਲੀ ਹੋਣ ਤੋਂ ਬਚਾਇਆ ਜਾ ਸਕੇ। 

ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ ਅਨੁਸਾਰ ਕਣਕ ਦੀ ਫ਼ਸਲ ਨੂੰ ਮੀਂਹ ਵਿੱਚ ਭਿੱਜਣ ਤੋਂ ਬਚਾਉਣ ਲਈ ਆੜ੍ਹਤੀਆਂ ਵੱਲੋਂ ਮੰਡੀਆਂ ਵਿੱਚ ਪਈਆਂ ਕਣਕ ਦੀਆਂ ਢੇਰੀਆਂ ਮੁਤਾਬਕ ਤਰਪਾਲਾਂ ਮੁਹੱਈਆ ਕਰਵਾਈਆਂ ਗਈਆਂ ਹਨ। 

Get the latest update about Truescoop News, check out more about Jalandhar, full response, Truescoop & Farmers

Like us on Facebook or follow us on Twitter for more updates.