ਆਪ' ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਪੰਥ 'ਚੋਂ ਬਾਹਰ ਕੱਢਿਆ ਜਾਵੇ

ਆਪ' ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ..............

ਆਪ' ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸੰਬੰਧੀ ਜਨਤਕ ਹੋਈ ਜਾਂਚ ਰਿਪੋਰਟ ਵਿਚ ਦਰਜ ਨਾਵਾਂ ਵਾਲਿਆਂ ਦੋਸ਼ੀਆਂ ਨੂੰ ਤੁਰੰਤ ਪੰਥ ਵਿਚੋਂ ਬਾਹਰ ਕੱਢਿਆ ਜਾਵੇ। ਇਸ ਤੋਂ ਇਲਾਵਾ ਅਤੇ ਰਾਜਪਾਲ ਤੇ ਪੰਜਾਬ ਸਰਕਾਰ ਨੂੰ ਦੋਸ਼ੀਆਂ 'ਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦੇਣ

ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬਲਜਿੰਦਰ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਘਿਣਾਉਣੀ ਕਰਤੂਤ ਨੂੰ ਪੰਜ ਸਾਲ ਬੀਤ ਚੁੱਕੇ ਹਨ। ਪਰ ਅੱਜੇ ਤੱਕ ਪੀੜਤ ਸੰਗਤ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਾ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਸਾਜਿਸ਼ ਕਰਤਾ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ। ਜਿਸ ਕਰਕੇ ਦੇਸ਼ ਵਿਦੇਸ਼ ਵਿਚ ਵਸਦੀ ਸਮੁੱਚੀ ਨਾਨਕ ਨਾਮ-ਸੇਵਾ ਸੰਗਤ ਵਿਚ ਰੋਸ ਤੇ ਗੁੱਸਾ ਹੈ।

ਆਪ ਲੀਡਰਾਂ ਨੇ ਕਿਹਾ ਕਿ ਜਿੱਥੇ ਘੋਰ ਬੇਅਦਬੀ ਲਈ ਤਤਕਾਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਉਥੇ ਹੀ ਇਨਸਾਫ਼ ਨਾ ਦੇਣ ਲਈ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਜ਼ਿੰਮੇਵਾਰ ਹੈ। ਕਿਉਂਕਿ ਅਕਾਲੀ ਭਾਜਪਾ ਸਰਕਾਰ ਦੀ ਇਸ ਪੂਰੇ ਘਟਨਾਕ੍ਰਮ  ਵਿਚ ਸਿੱਧੀ ਸ਼ਮੂਲੀਅਤ ਸੀ, ਜਦੋਂ ਕਿ ਸਿੱਖ ਸੰਗਤ ਨੂੰ ਇਨਸਾਫ਼ ਦੇਣ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਅਤੇ ਸਿੱਖ ਪੰਥ ਨੂੰ ਪਿੱਠ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।

ਵਿਧਾਇਕਾਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰ ਚੁੱਕੇ ਸੀਨੀਅਰ ਪੁਲਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਜਾਣ ਬੁੱਝ ਕੇ ਕਾਨੂੰਨ ਦੀ ਆੜ ਵਿਚ ਰੱਦ ਕਰਵਾਇਆ ਗਿਆ ਹੈ, ਜਿਸ ਨਾਲ ਕੈਪਟਨ ਸਰਕਾਰ ਅਤੇ ਐਡਵੋਕੇਟ ਜਨਰਲ ਦਫ਼ਤਰ ਦੀ ਪੂਰੀ ਤਰ੍ਹਾਂ ਪੋਲ ਖੁੱਲ੍ਹ ਗਈ ਹੈ ਕਿ ਚੌਂਕੀਦਾਰ ਹੀ ਚੋਰਾਂ ਨਾਲ ਰਲਿਆ  ਹੋਇਆ ਹੈ।

ਉਨ੍ਹਾਂ ਕਿਹਾ ਦੁਨੀਆਂ ਜਾਣਦੀ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਵਿਚ ਦੋਸ਼ੀਆਂ ਅਤੇ ਸਾਜਿਸ਼ ਕਰਤਾਵਾਂ ਦੇ ਨਾਂਵਾਂ ਨੂੰ ਉਜਾਗਰ ਕੀਤਾ ਗਿਆ ਹੈ, ਪਰ ਕੈਪਟਨ ਸਰਕਾਰ ਨੇ ਜਾਂਚ ਰਿਪੋਰਟ ਦਾ 10ਵਾਂ ਚਲਾਨ ਜਾਣਬੁੱਝ ਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ। ਇਸ ਤਰ੍ਹਾਂ ਕੈਪਟਨ ਸਰਕਾਰ ਦੀ ਦਾਗੀ ਇੱਛਾ ਸ਼ਕਤੀ ਨੇ ਨਾ ਕੇਵਲ ਇਨਸਾਫ਼ ਨੂੰ ਹੋਰ ਦੂਰ ਕੀਤਾ ਹੈ, ਸਗੋਂ ਸਮੁੱਚੀ ਸੰਗਤ ਦੇ ਜ਼ਖ਼ਮੀ ਹਿਰਦਿਆਂ 'ਤੇ ਨਮਕ ਛਿੜਕਿਆ ਹੈ।

ਆਪ ਲੀਡਰਾਂ ਨੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਕਤ ਘਟਨਾਕ੍ਰਮ ਦੇ ਆਧਾਰ 'ਤੇ ਸਿੱਖ ਸੰਗਤ ਦੇ ਹਿਰਦੇ ਸ਼ਾਂਤ ਕਰਨ ਲਈ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਿੱਖ ਪੰਥ 'ਚੋਂ ਬਾਹਰ ਕੱਢਿਆ ਜਾਵੇ ਅਤੇ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ।

Get the latest update about expel culprits, check out more about sri akal takht, sikh panth, true scoop & firing cases

Like us on Facebook or follow us on Twitter for more updates.