ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ: ਰੰਧਾਵਾ

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ...

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਾ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ SIT ਬਣਾ ਦਿੱਤੀ ਹੈ ਅਤੇ ਇਹ SIT ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।

ਉਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਨੇ ਇਸ ਮੰਦਭਾਗੀ ਘਟਨਾ ਦੇ ਸੰਦਰਭ ਵਿਚ ਪੁਲਸ ਲਾਇਨ ਅੰਮ੍ਰਿਤਸਰ ਵਿਖੇ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਆਈ.ਜੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ, ਐਸ.ਐਸ.ਪੀ ਦਿਹਾਤੀ ਸ਼੍ਰੀ ਰਾਕੇਸ਼ ਕੌਸ਼ਲ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਤਰਫੋਂ ਸ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ ਤੇ ਸੁਖਦੇਵ ਸਿੰਘ ਭੂਰਾਕੋਨਾ ਵੀ ਹਾਜ਼ਰ ਸਨ।

ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਰੰਧਾਵਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇਅਦਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਦੇਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਮਿਲ ਕੇ ਇਸ ਘਟਨਾ ਦੀ ਪੂਰੀ ਜਾਂਚ ਕਰੇਗੀ। 

ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਸ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਇਹ ਸਾਰੇ ਕੰਮ ਕਰਦੇ ਹੋਣ। ਇਕ ਸਵਾਬ ਦੇ ਜਵਾਬ ਵਿਚ ਸ. ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਤੋ ਬਿਨਾਂ ਪੁਲਸ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਹੀਂ ਹੋ ਸਕਦੀ। 

ਸ. ਰੰਧਾਵਾ ਨੇ ਕਿਹਾ ਕਿ ਡੀਜੀਪੀ ਅਤੇ ਸੂਬੇ ਦੇ ਸਮੂਹ ਪੁਲਸ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਾਰੇ ਧਾਰਮਿਕ ਅਸਥਾਨਾਂ ਗੁਰਦੁਆਰਿਆਂ, ਮੰਦਿਰਾਂ, ਮਸਜਿਦ ਤੇ ਗਿਰਜਾ ਘਰਾਂ ਦੇ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸਾਰੇ ਧਾਰਮਿਕ ਅਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਯਕੀਨੀ ਬਣਾਉਣ ਦੇ ਨਾਲ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਸਥਾਪਤ ਕਰ ਕੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਹ ਅਸਥਾਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਹਨ, ਉੱਥੇ ਕੋਈ ਨਾ ਕੋਈ ਜ਼ਰੂਰ ਮੌਜੂਦ ਹੋਵੇ। 

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿਚ ਹੀ ਧਾਰਾ 295 ਵਿਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣਗੇ ਕਿ ਇਸ ਧਾਰਾ ਨੂੰ ਪਾਸ ਕੀਤਾ ਜਾਵੇ। 

ਰੰਧਾਵਾ ਨੇ ਕਿਹਾ ਕਿ ਸਾਰੇ ਪੰਜਾਬੀ ਆਪਸੀ ਭਾਈਚਾਰਕ ਸਾਂਝ ਨਾਲ ਮਿਲ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਕਿਸੇ ਨੂੰ ਵੀ ਹਾਲਤ ਵਿਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਹੋਣ ਨਹੀਂ ਦੇਵਾਂਗੇ।

Get the latest update about Sri Darbar Sahib, check out more about Deputy Chief Minister Randhawa, TRUESCOOP NEWS, AMRITSAR & PUNJAB

Like us on Facebook or follow us on Twitter for more updates.