ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਸਰਕਾਰਾਂ ਦੇ ਮੁੱਖ ਮੰਤਰੀਆਂ ਦਰਮਿਆਨ ਗੱਲਬਾਤ ਉਪਰੰਤ ਟਰਾਂਸਪੋਰਟ ਵਿਭਾਗਾਂ ਦੇ ਸਕੱਤਰ ਪੱਧਰ ਦੀ ਮੀਟਿੰਗ ਦੌਰਾਨ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ।
ਭੁੱਲਰ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਾਫ਼ੀ ਦੇਰ ਤੋਂ ਲਮਕ ਰਹੇ ਇਸ ਅਹਿਮ ਮੁੱਦੇ ਬਾਰੇ ਜਾਣੂ ਕਰਵਾਇਆ ਸੀ ਜਿਸ ਨਾਲ ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ ਜਿੱਥੇ ਸਿੱਧੇ ਤੌਰ 'ਤੇ ਵਾਧਾ ਹੋਣ ਬਾਰੇ ਮੁੱਖ ਮੰਤਰੀ ਨੂੰ ਦੱਸਿਆ ਗਿਆ, ਉਥੇ ਸਰਕਾਰੀ ਬੱਸਾਂ ਨਾ ਚਲਣ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਸੂਬੇ ਦੇ ਮੁਸਾਫ਼ਰਾਂ ਦੀ ਕੀਤੀ ਜਾ ਰਹੀ ਲੁੱਟ ਸਬੰਧੀ ਮਾਮਲਾ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਕੋਲ ਇਹ ਮਾਮਲਾ ਚੁੱਕਿਆ ਸੀ।
ਭੁੱਲਰ ਨੇ ਦੱਸਿਆ ਕਿ ਇਸ ਉਪਰੰਤ ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਦਿੱਲੀ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਕਿਹਾ ਸੀ, ਜਿਸ ਪਿੱਛੋਂ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਵੱਲੋਂ ਦਿੱਲੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਸ਼ੀਸ਼ ਕੁੰਦਰਾ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਦਾਲਤ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀਆਂ ਬੱਸਾਂ ਵੱਖ-ਵੱਖ ਸ਼ਹਿਰਾਂ ਤੋਂ ਸ਼ੁਰੂ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ 'ਤੇ ਸਫ਼ਰ ਮੁਹੱਈਆ ਕਰਵਾਇਆ ਜਾ ਸਕੇਗਾ।
ਇਸੇ ਦੌਰਾਨ ਟਰਾਂਸਪੋਰਟ ਸਕੱਤਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ ਸ੍ਰੀ ਅਸ਼ੀਸ਼ ਕੁੰਦਰਾ ਨੇ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਛੇਤੀ ਹੀ ਹੱਲ ਕੱਢ ਲਿਆ ਜਾਵੇਗਾ ਅਤੇ ਪੰਜਾਬ ਦੀ ਸਰਕਾਰੀ ਬੱਸ ਸਰਵਿਸ ਦਿੱਲੀ ਹਵਾਈ ਅੱਡੇ ਤੱਕ ਚੱਲ ਸਕੇਗੀ।
ਮੀਟਿੰਗ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਸ੍ਰੀ ਵਿਮਲ ਕੁਮਾਰ ਸੇਤੀਆ, ਵਿਸ਼ੇਸ਼ ਕਮਿਸ਼ਨਰ ਦਿੱਲੀ ਸ੍ਰੀ ਓ.ਪੀ. ਮਿਸ਼ਰਾ, ਡਿਪਟੀ ਕਮਿਸ਼ਨਰ ਟਰਾਂਸਪੋਰਟ ਦਿੱਲੀ ਸ੍ਰੀ ਵਿਨੋਦ ਯਾਦਵ ਅਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀ ਹਾਜ਼ਰ ਸਨ।

Get the latest update about punjab news, check out more about Transport Minister, Truescoop news & latest news

Like us on Facebook or follow us on Twitter for more updates.