ਕਾਬੁਲ ’ਚ ਗੁਰਦੁਆਰਾ ਕਾਰਤ-ਏ-ਪਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਾਰਤ-ਏ-ਪਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ...

ਅੰਮ੍ਰਿਤਸਰ:-  ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਾਰਤ-ਏ-ਪਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ। ਉਥੇ ਹੀ ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।


ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।

Get the latest update about Kabul gurudwara attack, check out more about sgpc, attack, terrorist & gurudwara attack in kabil

Like us on Facebook or follow us on Twitter for more updates.