ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ 'ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।
ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Get the latest update about vigilance bureau punjab, check out more about vigilance bureau
Like us on Facebook or follow us on Twitter for more updates.